-ਕਰੋਨਾ ਤੋਂ ਬਚਾਅ ਲਈ ਲੋਕਾਂ ਨੂੰ ਜਾਗਰੂਕ ਕਰਨਾ ਸਮੇਂ ਦੀ ਮੁੱਖ ਲੋੜ : ਸਚਿਨ ਸ਼ਰਮਾ
-ਮਿਸ਼ਨ ਫ਼ਤਿਹ ਦੇ ਪੈਂਫਲੇਟ ਵੰਡਕੇ ਮਿਸ਼ਨ ਯੋਧੇ ਬਣਨ ਲਈ ਕੀਤਾ ਪ੍ਰੇਰਿਤ
-ਸਮਾਜ ਸੇਵੀ ਸੰਸਥਾਵਾਂ ਕਰੋਨਾ ਤੋਂ ਬਚਾਅ ਲਈ ਜਾਗਰੂਕਤਾ ਮੁਹਿੰਮ 'ਚ ਨਿਭਾਅ ਰਹੀਆਂ ਨੇ ਅਹਿਮ ਭੂਮਿਕਾ
ਯੁਵਕ ਸੇਵਾਵਾਂ ਵਿਭਾਗ ਦੇ ਐਨ.ਐਸ.ਐਸ. ਵਲੰਟੀਅਰਾਂ ਵੱਲੋਂ ਕੋਵਿਡ 19 ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਲਈ ਮਿਸ਼ਨ ਫ਼ਤਿਹ ਤਹਿਤ ਘਰ ਘਰ ਜਾਕੇ ਲੋਕਾਂ ਨੂੰ ਸਾਵਧਾਨੀਆਂ ਰੱਖਣ ਲਈ ਜਾਗਰੂਕ ਕੀਤਾ ਜਾ ਰਿਹਾ ਹੈ ਅਤੇ ਮਿਸ਼ਨ ਫ਼ਤਿਹ ਦੇ ਪੈਂਫਲੇਟ ਵੰਡਕੇ ਲੋਕਾਂ ਨੂੰ ਮਿਸ਼ਨ ਯੋਧੇ ਬਣਨ ਲਈ ਵੀ ਪ੍ਰੇਰਿਤ ਕੀਤਾ ਜਾ ਰਿਹਾ ਹੈ। ਯੁਵਕ ਸੇਵਾਵਾਂ ਵੱਲੋਂ ਚਲਾਈ ਜਾ ਰਹੀ ਜਾਗਰੂਕਤਾ ਮੁਹਿੰਮ 'ਚ ਹਿੱਸਾ ਪਾਉਣ ਆਏ ਪੰਜਾਬ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਸ੍ਰੀ ਸਚਿਨ ਸ਼ਰਮਾ ਨੇ ਕਿਹਾ ਕਿ ਕਰੋਨਾ ਤੋਂ ਬਚਾਅ ਲਈ ਲੋਕਾਂ ਨੂੰ ਜਾਗਰੂਕ ਕਰਨਾ ਸਮੇਂ ਦੀ ਮੁੱਖ ਲੋੜ ਹੈ।
ਚੇਅਰਮੈਨ ਸ੍ਰੀ ਸ਼ਰਮਾ ਨੇ ਕਿਹਾ ਕਿ ਕਰੋਨਾ ਮਹਾਂਮਾਰੀ 'ਤੇ ਫ਼ਤਿਹ ਪਾਉਣ ਲਈ ਸਮਾਜ ਦੇ ਹਰੇਕ ਵਰਗ ਦਾ ਸੁਚੇਤ ਅਤੇ ਜਾਗਰੂਕ ਹੋਣ ਜ਼ਰੂਰੀ ਹੈ ਕਿਉਂਕਿ ਕਿਸੇ ਇੱਕ ਦੀ ਗਲਤੀ ਉਸ ਦੇ ਪਰਿਵਾਰ, ਆਂਢ-ਗੁਆਂਢ ਅਤੇ ਸ਼ਹਿਰ ਲਈ ਘਾਤਕ ਹੋ ਸਕਦੀ ਹੈ। ਉਨ੍ਹਾਂ ਯੁਵਕ ਸੇਵਾਵਾਂ ਵਿਭਾਗ ਵੱਲੋਂ ਲੋਕਾਂ ਨੂੰ ਜਾਗਰੂਕ ਕਰਨ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕਰਦਿਆ ਕਿਹਾ ਕਿ ਇਸ ਔਖੀ ਘੜੀ ਵਿੱਚ ਵੀ ਵਲੰਟੀਅਰਾਂ ਵੱਲੋਂ ਨਿਭਾਈ ਜਾ ਰਹੀ ਸੇਵਾ ਇਕ ਸ਼ਲਾਘਾਯੋਗ ਕੰਮ ਹੈ। ਉਨ੍ਹਾਂ ਕਿਹਾ ਕਿ ਕਰੋਨਾ ਤੋਂ ਬਚਾਅ ਲਈ ਜਾਗਰੂਕਤਾ ਮੁਹਿੰਮ 'ਚ ਸਮਾਜ ਸੇਵੀ ਸੰਸਥਾਵਾਂ ਵੱਲੋਂ ਵੀ ਅਹਿਮ ਭੂਮਿਕਾ ਨਿਭਾਈ ਜਾ ਰਹੀ ਹੈ।
ਇਸ ਮੌਕੇ ਯੁਵਕ ਸੇਵਾਵਾਂ ਵਿਭਾਗ ਦੇ ਸਹਾਇਕ ਡਾਇਰੈਕਟਰ ਡਾ. ਮਲਕੀਤ ਸਿੰਘ ਮਾਨ ਨੇ ਦੱਸਿਆ ਕਿ ਯੂਥ ਕਲੱਬਾਂ, ਸਮਾਜ ਸੇਵੀ ਸੰਸਥਾਵਾਂ ਅਤੇ ਐਨ.ਐਸ.ਐਸ. ਵਲੰਟੀਅਰਾਂ ਵੱਲੋਂ ਕਰੋਨਾ ਤੋਂ ਬਚਾਅ ਲਈ ਰੱਖੀਆਂ ਜਾਣ ਵਾਲੀਆਂ ਸਾਵਧਾਨੀਆਂ ਸਬੰਧੀ ਆਮ ਲੋਕਾਂ ਨੂੰ ਜਾਗਰੂਕ ਕਰਨ ਲਈ ਇਕ ਮੁਹਿੰਮ ਚਲਾਈ ਜਾ ਰਹੀ ਹੈ ਜਿਸ ਤਹਿਤ ਲੋਕਾਂ ਨੂੰ ਘਰ ਘਰ ਜਾਕੇ ਮਾਸਕ ਪਾਉਣ, ਹੱਥ ਧੋਣ ਅਤੇ ਸਮਾਜਿਕ ਦੂਰੀ ਵਰਗੇ ਨਿਯਮਾਂ ਦੀ ਪਾਲਣਾ ਕਰਨ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ।
ਇਸ ਮੌਕੇ ਚੇਅਰਮੈਨ ਸ੍ਰੀ ਸਚਿਨ ਸ਼ਰਮਾ ਵੱਲੋਂ ਜ਼ਿਲ੍ਹਾ ਖੇਡ ਅਫ਼ਸਰ ਸ੍ਰੀ ਸ਼ੁਸਾਵਤ ਰਾਜਦਾਨ ਅਤੇ ਸੀਨੀਅਰ ਕੋਚਾਂ ਨੂੰ ਮਿਸ਼ਨ ਫ਼ਤਿਹ ਦੇ ਬੈਜ਼ ਲਗਾਕੇ ਸਨਮਾਨਤ ਕੀਤਾ ਗਿਆ। ਸਮਾਗਮ ਦੌਰਾਨ ਪਾਵਰ ਹਾਊਸ ਯੂਥ ਕਲੱਬ ਦੇ ਸਰਪ੍ਰਸਤ ਸ. ਜਤਵਿੰਦਰ ਗਰੇਵਾਲ ਅਤੇ ਪ੍ਰਧਾਨ ਮਿਸ. ਰੁਪਿੰਦਰ ਕੌਰ ਅਤੇ ਅਮਰਜੀਤ ਸਿੰਘ ਹਾਜ਼ਰ ਸਨ।